ਕੋਟਕਪੁਰਾ 19 ਨਵੰਬਰ (ਗੁਰਪ੍ਰੀਤ ਸਿੰਘ ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਲਕੇ ਦੇ ਵੱਖ-ਵੱਖ ਪ੍ਰਮੁੱਖ ਚੌਕਾਂ ਅਤੇ ਜਨਤਕ ਥਾਵਾਂ ‘ਤੇ 40 ਦੇ ਕਰੀਬ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਬਿਹਤਰ ਬਣਾਉਣਾ, ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਕਰਨਾ ਅਤੇ ਸਮਾਜ ਵਿਰੋਧੀ ਅਨਸਰਾਂ ‘ਤੇ ਤਿੱਖੀ ਨਜ਼ਰ ਰੱਖਣਾ ਹੈ।ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਨਾਗਰਿਕ ਦੀ ਜਾਨ-ਮਾਲ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਆਧੁਨਿਕ ਤਕਨੀਕ ਵਾਲੇ ਇਹ ਸੀ.ਸੀ.ਟੀ.ਵੀ. ਕੈਮਰੇ ਲੱਗਣ ਨਾਲ ਜਿੱਥੇ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਵੇਗੀ, ਉੱਥੇ ਹੀ ਔਰਤਾਂ, ਬਜ਼ੁਰਗਾਂ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਹੋਰ ਮਜ਼ਬੂਤ ਹੋਵੇਗੀ।ਸ. ਸੰਧਵਾਂ ਨੇ ਅੱਗੇ ਕਿਹਾ ਕਿ ਇਨ੍ਹਾਂ ਕੈਮਰਿਆਂ ਦੀ ਨਿਗਰਾਨੀ ਸਿੱਧੀ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀ ਜਾਵੇਗੀ, ਜਿਸ ਨਾਲ ਕਿਸੇ ਵੀ ਅਣਸੁਖਾਵੀਂ ਘਟਨਾ ਵਾਪਰਨ ਦੀ ਸੂਰਤ ਵਿੱਚ ਤੁਰੰਤ ਕਾਰਵਾਈ ਕਰਨੀ ਸੰਭਵ ਹੋ ਸਕੇਗੀ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਹਿਰ ਨੂੰ ਸੁਰੱਖਿਅਤ ਅਤੇ ਸਾਫ਼-ਸੁਥਰਾ ਰੱਖਣ ਵਿੱਚ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹਲਕੇ ਦੇ ਵਿਕਾਸ ਲਈ ਸੜਕਾਂ ਦੇ ਨਿਰਮਾਣ ਕਾਰਜ ਦਾ ਕੰਮ ਵੀ ਮੁਕੰਮਲ ਹੋ ਚੁੱਕਾ ਹੈ ਅਤੇ ਰਹਿੰਦੇ ਕੰਮ ਨੂੰ ਜਲਦ ਪੂਰਾ ਕਰ ਲਿਆ ਜਾਵੇਗਾ।ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਗੁਰਮੀਤ ਸਿੰਘ ਆਰੇਵਾਲਾ, ਚੇਅਰਮੈਨ ਵਪਾਰ ਮੰਡਲ ਸ੍ਰੀ ਨਰੇਸ਼ ਸਿੰਗਲਾ, ਸੁਖਜਿੰਦਰ ਸਿੰਘ ਵਾਈਸ ਪ੍ਰਧਾਨ ਨਗਰ ਕੌਂਸਲ ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
ਸਪੀਕਰ ਸੰਧਵਾਂ ਨੇ ਕੋਟਕਪੂਰਾ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੀ ਕੀਤੀ ਸ਼ੁਰੂਆਤ

