ਕੋਟਕਪੂਰਾ, 7 ਅਕਤੂਬਰਪੰਜਾਬ ਸਰਕਾਰ ਵੱਲੋਂ ਲਾਲ ਲਕੀਰ ਦੇ ਅੰਦਰ ਵੱਸਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਪ੍ਰਦਾਨ ਕਰਨ ਲਈ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਅੱਜ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਭੈਰੋਂ-ਭੱਟੀ ਬਲਾਕ ਕੋਟਕਪੂਰਾ ਵਿਖੇ ਲਾਲ ਲਕੀਰ ਅੰਦਰ ਵੱਸਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਪ੍ਰਦਾਨ ਕੀਤੇ।ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੂਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਦਾ ਉਦੇਸ਼ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦਾ ਅਧਿਕਾਰਤ ਦਸਤਾਵੇਜ਼ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਆਪਣੇ ਘਰ ਦਾ ਮਾਲਕੀ ਹੱਕ ਹਰ ਪਰਿਵਾਰ ਲਈ ਬਹੁਤ ਮਹੱਤਵਪੂਰਨ ਹੁੰਦਾ ਹੈ ਅਤੇ ਇਸ ਮੁਹਿੰਮ ਤਹਿਤ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਸਬੰਧੀ ਅਧਿਕਾਰਤ ਦਸਤਾਵੇਜ਼ ਮਿਲਣ ਨਾਲ ਉਨ੍ਹਾਂ ਦੀ ਜਾਇਦਾਦ ਸਬੰਧੀ ਸਥਿਤੀ ਹੋਰ ਸਪੱਸ਼ਟ ਅਤੇ ਮਜ਼ਬੂਤ ਹੋਵੇਗੀ।ਉਨ੍ਹਾਂ ਦੱਸਿਆ ਕਿ ਤਹਿਸੀਲ ਕੋਟਕਪੂਰਾ ਦੇ 23 ਪਿੰਡਾਂ ਦੇ ਯੋਗ ਵਸਨੀਕਾਂ ਨੂੰ ਇਸ ਮੁਹਿੰਮ ਦਾ ਲਾਭ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਜਾਇਦਾਦੀ ਹੱਕ ਪ੍ਰਦਾਨ ਕਰਨ ਦੇ ਨਾਲ-ਨਾਲ ਸਰਕਾਰੀ ਸੇਵਾਵਾਂ ਅਤੇ ਸਹੂਲਤਾਂ ਦੀ ਪਹੁੰਚ ਵੀ ਯਕੀਨੀ ਬਣਾਈ ਜਾ ਰਹੀ ਹੈ।ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪ੍ਰਾਪਰਟੀ ਕਾਰਡ ਜਾਂ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਲੋਕਾਂ ਲਈ ਮਹੱਤਵਪੂਰਨ ਰਿਕਾਰਡ ਵਜੋਂ ਕੰਮ ਕਰਨਗੇ। ਇਸ ਨਾਲ ਲੋਕਾਂ ਨੂੰ ਆਪਣੀ ਜਾਇਦਾਦ ਸਬੰਧੀ ਅਧਿਕਾਰਤ ਦਸਤਾਵੇਜ਼ ਉਪਲਬਧ ਹੋਵੇਗਾ ਅਤੇ ਭਵਿੱਖ ਵਿੱਚ ਜਾਇਦਾਦ ਨਾਲ ਸਬੰਧਤ ਵੱਖ-ਵੱਖ ਕੰਮਾਂ ਲਈ ਵੀ ਸਹੂਲਤ ਮਿਲੇਗੀ।ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਯੋਗ ਵਿਅਕਤੀ ਨੂੰ ਉਸਦੇ ਹੱਕਾਂ ਨਾਲ ਜੋੜਨਾ ਹੈ ਅਤੇ ਇਸੇ ਦਿਸ਼ਾ ਵਿੱਚ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਨੂੰ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਯੋਗ ਲਾਭਪਾਤਰੀਆਂ ਨੂੰ ਇਸ ਮੁਹਿੰਮ ਦਾ ਲਾਭ ਦੇਣ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਜਾਰੀ ਰੱਖਿਆ ਜਾਵੇ। ਇਸ ਮੌਕੇ ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਵਾਸੀਆਂ ਨੂੰ ਸਿਹਤ ਬੀਮਾ ਕਾਰਡ ਵੀ ਵੰਡੇ ਗਏ।ਇਸ ਮੌਕੇ ਐਸ.ਡੀ.ਐਮ. ਕੋਟਕਪੂਰਾ ਸ੍ਰੀ ਰਜਿੰਦਰ ਸਿੰਘ, ਨਾਇਬ ਤਹਿਸੀਲਦਾਰ ਗੁਰਚਰਨ ਸਿੰਘ, ਗੁਰਪ੍ਰੀਤ ਸਿੰਘ ਗੈਰੀ ਵੜਿੰਗ ਪ੍ਰਧਾਨ ਨਗਰ ਕੌਂਸਲ ਕੋਟਕਪੂਰਾ, ਸਰਪੰਚ ਰਜਿੰਦਰਜੀਤ ਸਿੰਘ ਗਿੱਲ, ਜਗਤਾਰ ਜੱਗਾ ਸਰਪੰਚ ਪਿੰਡ ਖਾਰਾ, ਧੀਰਾ ਸਿੰਘ, ਨਿਰਮਲ ਸਿੰਘ, ਲਖਵਿੰਦਰ ਕੌਰ, ਗੁਰਭੇਜ ਸਿੰਘ, ਗੁਰਤੇਜ ਸਿੰਘ, ਗੱਜਣ ਸਿੰਘ, ਰਾਜਪਾਲ ਸਿੰਘ, ਬੌਬੀ, ਲਾਡੀ, ਪੰਚਾਇਤ ਸੈਕਟਰੀ ਧਰਮਜੀਤ ਸਿੰਘ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭੈਰੋਂ-ਭੱਟੀ ਵਿਖੇ ਲਾਲ ਲਕੀਰ ਅੰਦਰ ਵੱਸਦੇ ਲੋਕਾਂ ਨੂੰ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਕੀਤੇ ਪ੍ਰਦਾਨ -‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਕੋਟਕਪੂਰਾ ਦੇ 23 ਪਿੰਡਾਂ ਦੇ ਵਸਨੀਕਾਂ ਨੂੰ ਮਿਲੇਗਾ ਮਾਲਕੀ ਹੱਕ-ਸੰਧਵਾਂ

