ਸਿਹਤ ਵਿਭਾਗ ਤੇ ਪੁਲਿਸ ਵਿਭਾਗ ਵੱਲੋਂ ਪਿੰਡ ਦੀਪ ਸਿੰਘ ਵਾਲਾ ਦੇ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ

ਫ਼ਰੀਦਕੋਟ/ਸਾਦਿਕ 19 ਨਵੰਬਰ (ਗੁਰਪ੍ਰੀਤ ਸਿੰਘ) ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਸਿਹਤ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਦੀ ਟੀਮ ਵੱਲੋਂ ਸਖ਼ਤ ਕਾਰਵਾਈ ਕਰਦਿਆਂ ਹੌਟ-ਸਪੌਟ ਖੇਤਰਾਂ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਪੁਲਿਸ ਥਾਣਾ ਸਾਦਿਕ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਦੇ ਹੌਟ-ਸਪੌਟ ਖੇਤਰ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਵਿਸ਼ੇਸ਼ ਮੁਹਿੰਮ ਦੌਰਾਨ ਪਿੰਡ ਦੀਪ ਸਿੰਘ ਵਾਲਾ ਵਿੱਚ ਸਥਿਤ ਤਿੰਨ ਮੈਡੀਕਲ ਫਰਮਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ।ਜਾਂਚ ਦੌਰਾਨ ਦੁਕਾਨਾਂ ਵਿੱਚ ਪਏ ਦਵਾਈਆਂ ਦੇ ਸਟਾਕ, ਖ਼ਰੀਦ-ਵੇਚ ਦੇ ਬਿੱਲਾਂ ਅਤੇ ਸਬੰਧਤ ਰਜਿਸਟਰਾਂ ਦੀ ਪੜਤਾਲ ਕੀਤੀ ਗਈ। ਨਿਰੀਖਣ ਦੌਰਾਨ ਕਿਸੇ ਵੀ ਮੈਡੀਕਲ ਫਰਮ ਵਿੱਚੋਂ ਕੋਈ ਵੀ ਨਸ਼ੀਲੀ, ਪਾਬੰਦੀਸ਼ੁਦਾ ਜਾਂ ਆਦਤ ਪਾਉਣ ਵਾਲੀ ਦਵਾਈ ਬਰਾਮਦ ਨਹੀਂ ਹੋਈ। ਆਨਲਾਈਨ ਰਿਕਾਰਡ ਅਤੇ ਦਸਤਾਵੇਜ਼ਾਂ ਦੀ ਡੂੰਘਾਈ ਨਾਲ ਜਾਂਚ ਕਰਨ ‘ਤੇ ਇੱਕ ਫਰਮ ਵਿੱਚ ਕੁਝ ਆਮ ਤਕਨੀਕੀ ਖਾਮੀਆਂ ਪਾਈਆਂ ਗਈਆਂ ਹਨ। ਵਿਭਾਗ ਵੱਲੋਂ ਇਸ ਸਬੰਧੀ ਨੋਟਿਸ ਲੈਂਦਿਆਂ ਡਰੱਗਜ਼ ਐਂਡ ਕਾਸਮੈਟਿਕਸ ਐਕਟ ਦੇ ਨਿਯਮਾਂ ਅਨੁਸਾਰ ਬਣਦੀ ਅਗਲੇਰੀ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਮੂਹ ਮੈਡੀਕਲ ਸਟੋਰ ਸੰਚਾਲਕਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਉਹ ਆਪਣਾ ਆਨਲਾਈਨ ਅਤੇ ਆਫ਼ਲਾਈਨ ਰਿਕਾਰਡ ਹਰ ਸਮੇਂ ਮੁਕੰਮਲ ਰੱਖਣ। ਪ੍ਰਸ਼ਾਸਨ ਵੱਲੋਂ ਇਹ ਵੀ ਚੇਤਾਵਨੀ ਦਿੱਤੀ ਗਈ ਕਿ ਭਵਿੱਖ ਵਿੱਚ ਵੀ ਅਜਿਹੀਆਂ ਅਚਨਚੇਤ ਚੈਕਿੰਗਾਂ ਲਗਾਤਾਰ ਜਾਰੀ ਰਹਿਣਗੀਆਂ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *

YouTube
WhatsApp
URL has been copied successfully!